ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਹੈ ਪਰਵਿੰਦਰ ਝੋਟਾ ਦਾ ਕਤਲ : ਗਰੋਵਰ/ਪਨੇਸਰ/ਜੱਗਾ

Share and Enjoy !

Shares


ਮੋਗਾ, 14 ਅਕਤੂਬਰ (ਬਿੱਟੂ ਗਰੋਵਰ)। ਸ਼੍ਰੋਮਣੀ ਅਕਾਲੀ ਦਲ ਕੈਨੇਡਾ ਵੈਸਟ ਦੇ ਸੀਨੀਅਰ ਆਗੂਆਂ ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਪਨੇਸਰ ਮੋਗਾ ਅਤੇ ਜਗਰਾਜ ਸਿੰਘ ਜੱਗਾ ਮੋਗਾ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਬੇਅਸਰ ਸਾਬਤ ਹੋ ਰਹੇ ਹਨ। ਸਰਕਾਰ ਜਵਾਬ ਦੇਵੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿੱਚ ਕੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਦੇ ਨਾਮ ’ਤੇ ਵੱਡੇ-ਵੱਡੇ ਐਲਾਨ ਅਤੇ ਪ੍ਰਚਾਰ ਕੀਤਾ ਜਾਂਦਾ ਹੈ, ਜੋ ਅਸਲੀਅਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਖਰਚੇ ਜਾ ਰਹੇ ਜਨਤਕ ਪੈਸੇ ਅਤੇ ਕੀਤੇ ਜਾ ਰਹੇ ਦਾਅਵਿਆਂ ਦਾ ਪਾਰਦਰਸ਼ੀ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰੀ ਇਸ਼ਤਿਹਾਰਾਂ ਅਤੇ ਭਾਸ਼ਣਾਂ ਨਾਲ ਸੰਭਵ ਨਹੀਂ, ਇਸ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ’ਪਰਵਿੰਦਰ ਝੋਟਾ’ ਦਾ ਕਤਲ ਸਰਕਾਰ ਦੇ ਕਫ਼ਨ ’ਚ ਆਖ਼ਰੀ ਕਿੱਲ ਸਾਬਤ ਹੋਵੇਗਾ। ਪੰਜਾਬ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਲੋਕਾਂ ਨੂੰ ਸਿਰਫ਼ ਨਾਅਰੇ ਅਤੇ ਵਾਅਦੇ ਨਹੀਂ, ਸਗੋਂ ਸੁਰੱਖਿਆ, ਜਵਾਬਦੇਹੀ ਅਤੇ ਨਤੀਜੇ ਚਾਹੀਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।

Share and Enjoy !

Shares

About Post Author

Leave a Reply

Your email address will not be published. Required fields are marked *