ਲੁਧਿਆਣਾ ਵਿੱਚ 16 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ; ਜ਼ਿਲ੍ਹੇ ਵਿੱਚ ਕੁੱਲ ਗਿਣਤੀ 147 ਹੋਈ

Share and Enjoy !

Shares


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਤੋਂ ਕੀਤਾ ਵਰਚੁਅਲ ਉਦਘਾਟਨ; ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਸਮਰਪਿਤ ਕੀਤੇ ਕਲੀਨਿਕ

ਲੁਧਿਆਣਾ, 14 ਅਕਤੂਬਰ (ਰਾਜਕੁਮਾਰ ਸਾਥੀ) । ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 16 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਕਲੀਨਿਕਾਂ ਦਾ ਵਰਚੁਅਲ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਸ. ਜਗਤਾਰ ਸਿੰਘ ਦਿਆਲਪੁਰਾ, ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਅਤੇ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਵੱਲੋਂ ਲੁਧਿਆਣਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਨਵੇਂ ਆਮ ਆਦਮੀ ਕਲੀਨਿਕ ਭੈਣੀ ਸਾਹਿਬ, ਪਬੀਆਂ, ਸਿੱਧਵਾਂ ਕਲਾਂ, ਇਯਾਲੀ ਕਲਾਂ, ਜਟਾਣਾ, ਵਾਲਮੀਕ ਪਾਰਕ ਹੈਬੋਵਾਲ ਕਲਾਂ, ਖਾਕਟ, ਆਲਮਗੀਰ, ਕੰਗਣਵਾਲ, ਮਾਣਕਵਾਲ, ਕਡਿਆਣਾ ਕਲਾਂ, ਖਹਿਰਾ ਬੇਟ, ਇਯਾਲੀ ਖੁਰਦ, ਖਵਾਜਕੇ, ਅਲੂਣਾ ਮਿਆਣਾ ਅਤੇ ਝਾੜ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਹਨ। ਇਨ੍ਹਾਂ 16 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 147 ਹੋ ਗਈ ਹੈ। ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਕਟਰ ਦੀ ਸਲਾਹ, ਮੁੱਢਲੀ ਸਿਹਤ ਜਾਂਚ, ਆਮ ਬਿਮਾਰੀਆਂ ਦਾ ਇਲਾਜ, ਸਰਕਾਰ ਵੱਲੋਂ ਨਿਰਧਾਰਤ ਮੁਫ਼ਤ ਦਵਾਈਆਂ ਅਤੇ ਉਪਲਬਧ ਨਿਰਧਾਰਤ ਲੈਬਾਰਟਰੀ ਜਾਂਚਾਂ ਦੀਆਂ ਸਹੂਲਤਾਂ ਮਿਲਦੀਆਂ ਹਨ। ਇਨ੍ਹਾਂ ਸੇਵਾਵਾਂ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਵਿੱਚ ਮਦਦ ਮਿਲਦੀ ਹੈ ਅਤੇ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਸਥਿਤ ਹਸਪਤਾਲਾਂ ਵਿੱਚ ਜਾਣ ਦੀ ਲੋੜ ਘੱਟ ਹੁੰਦੀ ਹੈ। ਡਾ. ਰਮਨਦੀਪ ਕੌਰ ਨੇ ਕਿਹਾ ਕਿ ਗੰਭੀਰ ਬਿਮਾਰੀ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਮਰੀਜ਼ਾਂ ਨੂੰ ਲੋੜ ਅਨੁਸਾਰ ਉੱਚ ਸਿਹਤ ਸੰਸਥਾਵਾਂ ਵਿੱਚ ਰੈਫ਼ਰ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ 147 ਆਮ ਆਦਮੀ ਕਲੀਨਿਕਾਂ ਦਾ ਨੈੱਟਵਰਕ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ ਅਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਮੁੱਢਲਾ ਇਲਾਜ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Share and Enjoy !

Shares

About Post Author

Leave a Reply

Your email address will not be published. Required fields are marked *